ਦਿੱਲੀ ਗੁਰਦੁਆਰਾ ਕਮੇਟੀ ਨੇ ਜੱਥੇ ਦਾ ਕੀਤਾ ਨਿੱਘਾ ਸਵਾਗਤ, ਹਰ ਸਹੂਲਤ ਦਾ ਦੁਆਇਆ ਭਰੋਸਾ: ਕਾਲਕਾ, ਕਾਹਲੋਂ, ਚੰਢੋਕ
ਨਵੀਂ ਦਿੱਲੀ, 8 ਅਕਤੂਬਰ: ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਭਾਰਤ ਵਿਚ ਸਿੱਖ ਗੁਰਧਾਮਾਂ ਦੇ ਦਰਸ਼ਨ ਵਾਸਤੇ ਪਹੁੰਚਿਆ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਕਮੇਟੀ ਦੇ ਵਿਦੇਸ਼ ਮਾਮਲਿਆਂ ’ਤੇ ਸਲਾਹਦਾਰ ਸਰਦਾਰ ਪਰਮਜੀਤ ਸਿੰਘ ਚੰਢੋਕ ਨੇ ਜੱਥੇ ਦਾ ਨਿੱਘਾ ਸਵਾਗਤ ਕੀਤਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ੀ ਮਾਮਲਿਆਂ ਦੇ ਸਲਾਹਕਾਰ ਸਰਦਾਰ ਪਰਮਜੀਤ ਸਿੰਘ ਚੰਢੋਕ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਹੀ ਖੁਸ਼ੀ ਹੈ ਕਿ ਅੱਜ 49 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਭਾਰਤ ਪੁੱਜਾ ਹੈ ਜੋ ਇਥੇ ਗੁਰਧਾਮਾਂ ਦੇ ਦਰਸ਼ਨ ਕਰੇਗਾ। ਉਹਨਾਂ ਦੱਸਿਆ ਕਿ ਜੱਥੇ ਵਿਚ ਭਾਰਤ ਵਿਚ ਰਹਿੰਦੇ ਸਿੱਖਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ ਜੋ ਕਰੀਬਨ 10 ਸਾਲਾਂ ਤੋਂ ਜ਼ਿਆਦਾ ਸਮੇਂ ਦੇ ਅਰਸੇ ਮਗਰੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ ਹਨ ਅਤੇ ਰਿਸ਼ਤਿਆਂ ਦਾ ਨਿੱਘ ਮਹਿਸੂਸ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਾਰੇ ਹੀ ਲੋਕ ਇਥੇ ਪਹੁੰਚ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।
ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹਨਾਂ ਜੱਥਾ ਮੈਂਬਰਾਂ ਦੇ ਠਹਿਰਣ ਤੇ ਇਹਨਾਂ ਦੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਪੂਰੇ ਪ੍ਰਬੰਧ ਕੀਤੇ ਹਨ। ਉਹਨਾਂ ਦੱਸਿਆ ਕਿ ਜੱਥੇ ਦੇ ਮੈਂਬਰ ਜਿਥੇ ਦਿੱਲੀ ਵਿਚ ਗੁਰੂ ਘਰਾਂ ਦੇ ਦਰਸ਼ਨ ਕਰਨਗੇ, ਉਥੇ ਹੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਦਰਸ਼ਨ ਕਰਨਗੇ।
ਉਹਨਾਂ ਕਿਹਾ ਕਿ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਇਸ ਤਰੀਕੇ ਜੱਥੇ ਨੂੰ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਪ੍ਰਵਾਨਗੀ ਦਿੱਤੀ ਗਈ ਹੈ ਤੇ ਉਹ ਆਸ ਕਰਦੇ ਹਨ ਕਿ ਭਵਿੱਖ ਵਿਚ ਵੀ ਹੋਰ ਵੀ ਜੱਥੇ ਇਸੇ ਤਰੀਕੇ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕਰਨ ਵਾਸਤੇ ਆਇਆ ਕਰਨਗੇ। ਉਹਨਾਂ ਨੇ ਜੱਥੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਹਰ ਤਰੀਕੇ ਦੀ ਸਹੂਲਤ ਉਪਲਬਧ ਕਰਵਾਉਣ ਦਾ ਭਰੋਸਾ ਦੁਆਇਆ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










