
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਹੱਤਿਆ ਦੀ ਕੋਈ ਵੀ ਕੋਸ਼ਿਸ਼ ਕੀਤੀ ਗਈ ਤਾਂ ਅਮਰੀਕਾ ਵੱਲੋਂ ਈਰਾਨ ਖ਼ਿਲਾਫ਼ ਭਿਆਨਕ ਫੌਜੀ ਕਾਰਵਾਈ ਕੀਤੀ ਜਾਵੇਗੀ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ Truth Social ‘ਤੇ ਲਿਖਿਆ ਕਿ “1,000 ਮਿਸਾਈਲਾਂ ਤਿਆਰ ਹਨ ਅਤੇ ਨਿਸ਼ਾਨੇ ‘ਤੇ ਲੱਗੀਆਂ ਹੋਈਆਂ ਹਨ।” ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਨੂੰ ਇੱਕ ਸਾਲ ਤੱਕ, ਲੋੜ ਪੈਣ ‘ਤੇ ਇਸ ਤੋਂ ਵੀ ਵੱਧ ਸਮੇਂ ਲਈ, ਈਰਾਨ ਦੇ ਹਰੇਕ ਖੇਤਰ ਨੂੰ ਤਬਾਹ ਕਰਨ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਦੁਨੀਆ ਦੇ ਕਈ ਹਿੱਸਿਆਂ ਤੋਂ ਉਨ੍ਹਾਂ ਦੀ ਹੱਤਿਆ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਜੇ ਈਰਾਨ ਵੱਲੋਂ ਅਜਿਹਾ ਕੋਈ ਕਦਮ ਚੁੱਕਿਆ ਗਿਆ ਤਾਂ ਅਮਰੀਕਾ ਵੱਲੋਂ ਸਖ਼ਤ ਜਵਾਬ ਦਿੱਤਾ ਜਾਵੇਗਾ।ਟਰੰਪ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਈਰਾਨ ਦੇ ਸਰਵਉੱਚ ਆਗੂ ਅਲੀ ਖਾਮਨੇਈ ਦੇ ਅੰਤਿਮ ਸੰਸਕਾਰ ਦੌਰਾਨ ਕੁਝ ਭਾਸ਼ਣਕਾਰਾਂ ਵੱਲੋਂ ਟਰੰਪ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕੀਤੀਆਂ ਗਈਆਂ। ਇਸ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਹੋਰ ਵਧ ਗਿਆ ਹੈ।
ਇਸ ਦੇ ਨਾਲ ਹੀ ਅਮਰੀਕਾ ਨੇ ਈਰਾਨ ‘ਤੇ ਹੋਰਮੁਜ਼ ਜਲਡਮਰੂਮੱਧ (Strait of Hormuz) ਵਿੱਚ ਵਪਾਰਕ ਜਹਾਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਬਾਅ ਵਧਾ ਦਿੱਤਾ ਹੈ। ਵਾਸ਼ਿੰਗਟਨ ਨੇ ਮੰਗ ਕੀਤੀ ਹੈ ਕਿ ਈਰਾਨ ਜਨਤਕ ਤੌਰ ‘ਤੇ ਭਰੋਸਾ ਦੇਵੇ ਕਿ ਉਹ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਹਮਲੇ ਨਹੀਂ ਕਰੇਗਾ।
ਅਮਰੀਕਾ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਈਰਾਨ ਨੇ ਅਜਿਹਾ ਭਰੋਸਾ ਨਾ ਦਿੱਤਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।ਦੂਜੇ ਪਾਸੇ ਈਰਾਨ ਨੇ ਅਮਰੀਕਾ ਦੀ ਮੰਗ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਹੋਰਮੁਜ਼ ਜਲਡਮਰੂਮੱਧ ‘ਤੇ ਉਸ ਦਾ ਅਧਿਕਾਰ ਹੈ ਅਤੇ ਉੱਥੋਂ ਲੰਘਣ ਵਾਲੇ ਜਹਾਜ਼ਾਂ ਨੂੰ ਈਰਾਨ ਦੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।ਭਾਵੇਂ ਅਮਰੀਕਾ ਅਤੇ ਈਰਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਗੱਲਬਾਤ ਜਾਰੀ ਹੈ, ਪਰ ਦੋਵਾਂ ਦੇਸ਼ਾਂ ਵਿਚਕਾਰ ਬਿਆਨਬਾਜ਼ੀ ਅਤੇ ਸੁਰੱਖਿਆ ਸੰਬੰਧੀ ਤਣਾਅ ਅਜੇ ਵੀ ਬਰਕਰਾਰ ਹੈ। ਟਰੰਪ ਦੇ ਤਾਜ਼ਾ ਬਿਆਨ ਨੇ ਮੱਧ-ਪੂਰਬ ਦੀ ਸਥਿਤੀ ਨੂੰ ਹੋਰ ਸੰਵੇਦਨਸ਼ੀਲ ਬਣਾ ਦਿੱਤਾ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










