ਚੰਡੀਗੜ, 21 ਜੁਲਾਈ (ਚ.ਨ.ਸ.): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 3 ਅਗਸਤ ਤੋਂ ਮਾਨਸੂਨ ਸੈਸ਼ਨ ਬੁਲਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ’ਚ ਹੋ ਸਕਦੀ ਹੈ ਸੋਧ: ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਵਿੱਚ ਸੋਧ ਕੀਤੀ ਜਾ ਸਕਦੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਜਿਹੜੇ ਸੁਝਾਅ ਦਿੱਤੇ ਸਨ, ਉਸ ਬਾਰੇ ਐਡਵੋਕੇਟ ਜਨਰਲ ਨਾਲ ਸਲਾਹ ਕੀਤੀ ਜਾਵੇਗੀ। ਐਡਵੋਕੇਟ ਜਨਰਲ ਨਾਲ ਸਲਾਹ ਤੋਂ ਬਾਅਦ ਹੀ ਸੋਧ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ 29 ਜੂਨ ਨੂੰ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਤਲਬ ਕਰਕੇ ’ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਦੀਆਂ ਕੁਝ ਮਦਾਂ ’ਤੇ ਇਤਰਾਜ਼ ਜਤਾਇਆ ਸੀ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ’ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਸੀ। ਸੂਬਾ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਹੀ ਐਕਟ ਵਿੱਚ ਸੋਧ ਕਰਨ ਲਈ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਜਤਾਇਆ ਇਤਰਾਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖੀ ਜਾ ਰਹੀ ਹੈ, ਤਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਤੇ ਰੂਸ ਵਿਚਕਾਰ ਜੰਗ ਨੂੰ ਰੁਕਵਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਉਨ੍ਹਾਂ ਨੂੰ ਦੇਸ਼ ਦੇ ਕਿਸਾਨਾਂ ਨਾਲ ਬੈਠ ਕੇ ਵੀ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ।
ਜੰਤਰ-ਮੰਤਰ ’ਤੇ ਲਾਠੀਚਾਰਜ ਅਤੇ ਪੇਪਰ ਲੀਕ ਮੁੱਦੇ ’ਤੇ ਕੇਂਦਰ ’ਤੇ ਵਿੰਨਿ੍ਹਆ ਨਿਸ਼ਾਨਾ: ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਤਰ-ਮੰਤਰ ’ਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਕਰਨ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੜ੍ਹ ਕੇ ਆਪਣਾ ਭਵਿੱਖ ਤਿਆਰ ਕਰਨਾ ਚਾਹੁੰਦੇ ਹਨ, ਪਰ ਕੁਝ ਲੋਕ ਪੈਸੇ ਦੇ ਦਮ ’ਤੇ ਪੇਪਰ ਖ਼ਰੀਦ ਰਹੇ ਹਨ। ਇਸੇ ਦੇ ਖ਼ਿਲਾਫ਼ ਨੌਜਵਾਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਗੁਰੂ ਬਣਨ ਦੀਆਂ ਗੱਲਾਂ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਦੇਸ਼ ਵਿੱਚ ਪੇਪਰ ਲੀਕ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










