ਅੰਮ੍ਰਿਤਸਰ, 23 ਜੁਲਾਈ:
ਭਾਜਪਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਮਰਿਆਦਾ ਅਤੇ ਸਿੱਖ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ।
ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀਰਵਾਰ ਨੂੰ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖੇ ਤਾਜ਼ਾ ਪੱਤਰ ਤੋਂ ਇਹ ਸਪਸ਼ਟ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਜੁੜੇ ਮਾਮਲਿਆਂ ਅਤੇ ਸੰਵਿਧਾਨਕ ਪ੍ਰਕਿਰਿਆ ਵਿੱਚ ਭਾਜਪਾ ਦੀ ਸਿੱਖ ਲੀਡਰਸ਼ਿਪ ਦੀ ਰਾਜਸੀ ਅਹਿਮੀਅਤ ਅਤੇ ਪ੍ਰਸੰਗਿਕਤਾ ਨੂੰ ਸਵੀਕਾਰਿਆ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ 2019 ਦੇ ਨੋਟੀਫ਼ਿਕੇਸ਼ਨ ਅਤੇ ਮਰਸੀ ਪਟੀਸ਼ਨ ਸਬੰਧੀ ਜਵਾਬ ਮੰਗਣ ਦੀ ਰਾਜੋਆਣਾ ਦੀ ਅਪੀਲ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਉਹ ਕੇਂਦਰ ਸਰਕਾਰ ਨਾਲ ਸੰਵਾਦ ਅਤੇ ਸੰਵਿਧਾਨਕ ਪ੍ਰਕਿਰਿਆ ਨੂੰ ਅੱਗੇ ਵਧਾਉਣ ਵਿੱਚ ਭਾਜਪਾ ਦੀ ਸਿੱਖ ਲੀਡਰਸ਼ਿਪ ਦੀ ਭੂਮਿਕਾ ਨੂੰ ਮਹੱਤਵਪੂਰਨ ਮੰਨਦੇ ਹਨ। ਉਨ੍ਹਾਂ ਕਿਹਾ ਕਿ ਇਸ ਪੱਤਰ ਦੀ ਸਮਗਰੀ ਅਕਾਲੀ ਲੀਡਰਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਪ੍ਰਤੀ ਰਾਜੋਆਣਾ ਦੇ ਮੋਹ-ਭੰਗ ਨੂੰ ਵੀ ਦਰਸਾਉਂਦੀ ਹੈ। ਹਾਲਾਂਕਿ, ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ ਆਪਣੇ ਆਪ ਵਿੱਚ ਸਥਾਪਿਤ ਤੱਥ ਨਹੀਂ ਬਣ ਜਾਂਦੇ।
ਪ੍ਰੋ. ਖਿਆਲਾ ਨੇ ਕਿਹਾ ਕਿ ਰਾਜੋਆਣਾ ਵੱਲੋਂ ਪਿਛਲੇ ਕਈ ਸਾਲਾਂ ਦੌਰਾਨ ਲਿਖੀਆਂ ਗਈਆਂ ਲਗਾਤਾਰ ਚਿੱਠੀਆਂ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਉਹ ਮਰਸੀ ਪਟੀਸ਼ਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਲੀਡਰਸ਼ਿਪ ਨੂੰ ਨਾਕਾਮ ਮੰਨਦੇ ਹਨ। ਉਹ ਪਹਿਲਾਂ ਵੀ ਅਕਾਲੀ ਲੀਡਰਸ਼ਿਪ ਨੂੰ ਆਪਣੇ ਕੌਮੀ ਫ਼ਰਜ਼ ਨਿਭਾਉਣ ਵਿੱਚ ਕੁਤਾਹੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੰਥ ਤੋਂ ਮੁਆਫ਼ੀ ਮੰਗਣ ਲਈ ਕਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਤੋਪਾਂ ਟੈਂਕਾਂ ਨਾਲ ਸ੍ਰੀ ਅਕਾਲ ਤਖ਼ਤ ਨੂੰ ਢਹਿ ਢੇਰੀ ਕਰਨ ਲਈ ਜ਼ਿੰਮੇਵਾਰ ਕਾਂਗਰਸ ਦੇ ਆਗੂਆਂ ਨਾਲ ਅਕਾਲੀ ਆਗੂਆਂ ਦੀ ਨੇੜਤਾ ’ਤੇ ਵੀ ਜਨਤਕ ਤੌਰ ‘ਤੇ ਤਿੱਖੀ ਆਲੋਚਨਾ ਕਰ ਚੁੱਕੇ ਹਨ। ਦੂਜੇ ਪਾਸੇ ਰਾਜੋਆਣਾ ਹਿੰਦੂ-ਸਿੱਖ ਏਕਤਾ, ਸਜਣ ਕੁਮਾਰ ਨੂੰ ਸਜ਼ਾ ਦਿਵਾਉਣ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ਦੀ ਸ਼ਲਾਘਾ ਕਰ ਚੁੱਕੇ ਹਨ।
ਭਾਜਪਾ ਦਾ ਪੱਖ ਦੁਹਰਾਉਂਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਮਰਿਆਦਾ, ਪਰੰਪਰਾਵਾਂ ਅਤੇ ਸਮੂਹ ਸਿੱਖ ਸੰਸਥਾਵਾਂ ਦਾ ਸਨਮਾਨ- ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ, “ਰਾਜੋਆਣਾ ਦੇ ਪੱਤਰ ‘ਤੇ ਕੋਈ ਵੀ ਫ਼ੈਸਲਾ ਲੈਣਾ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ। ਭਾਜਪਾ ਇਸ ਵਿਸ਼ੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ। ਇਸ ਦੇ ਨਾਲ ਹੀ ਭਾਜਪਾ ਦੀ ਸਿੱਖ ਲੀਡਰਸ਼ਿਪ ਸੰਵਿਧਾਨਕ ਮਰਿਆਦਾਵਾਂ ਅਤੇ ਸਿੱਖ ਧਾਰਮਿਕ ਸੰਸਥਾਵਾਂ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸਦਾ ਵਚਨਬੱਧ ਰਹੇਗੀ।”
ਉਨ੍ਹਾਂ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਨੌਂ ਸਿੱਖ ਕੈਦੀਆਂ ਸਬੰਧੀ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਤਹਿਤ ਛੇ ਸਿੱਖ ਕੈਦੀ ਰਿਹਾਅ ਕੀਤੇ ਜਾ ਚੁੱਕੇ ਹਨ। ਜਦਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਪ੍ਰਸਤਾਵ ਭਾਰਤ ਦੇ ਸੰਵਿਧਾਨ ਦੇ ਆਰਟੀਕਲ 72 ਤਹਿਤ ਪ੍ਰਕਿਰਿਆ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਰਿਹਾਈ ਦਾ ਹੁਕਮ ਨਹੀਂ ਸੀ, ਸਗੋਂ ਸੰਵਿਧਾਨਕ ਪ੍ਰਕਿਰਿਆ ਦੀ ਸ਼ੁਰੂਆਤ ਸੀ।
ਪ੍ਰੋ. ਖਿਆਲਾ ਨੇ ਕਿਹਾ, “ਰਾਸ਼ਟਰਪਤੀ ਕੋਲ ਲੰਬਿਤ ਮਰਸੀ ਪਟੀਸ਼ਨ ਅਤੇ ਅਦਾਲਤਾਂ ਵਿੱਚ ਚੱਲ ਰਹੀਆਂ ਕਾਰਵਾਈਆਂ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਸਰਕਾਰ ਇਕਪੱਖੀ ਫ਼ੈਸਲਾ ਨਹੀਂ ਕਰ ਸਕਦੀ। ਅਜਿਹੇ ਮਾਮਲਿਆਂ ਦਾ ਨਿਪਟਾਰਾ ਸੰਵਿਧਾਨ ਅਤੇ ਕਾਨੂੰਨ ਦੇ ਰਾਜ ਅਨੁਸਾਰ ਹੀ ਕੀਤਾ ਜਾ ਸਕਦਾ ਹੈ।”
ਆਪਣਾ ਨਿੱਜੀ ਮਤ ਪ੍ਰਗਟ ਕਰਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਦੇ ਅਸ਼ਾਂਤ ਦੌਰ ਨਾਲ ਜੁੜੇ ਕਈ ਸਿੱਖ ਕੈਦੀ ਆਮ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਉਨ੍ਹਾਂ ਵਿੱਚੋਂ ਕਈਆਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰਾਂ ਦੀਆਂ ਪੰਜਾਬ ਅਤੇ ਸਿੱਖ ਵਿਰੋਧੀ ਨੀਤੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਨੇ ਅਨੇਕਾਂ ਨੌਜਵਾਨਾਂ ਨੂੰ ਹਿੰਸਾ ਦੇ ਰਾਹ ਵੱਲ ਧੱਕਿਆ। ਇਸ ਲਈ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਅਜਿਹੇ ਕੈਦੀਆਂ ਦੇ ਮਾਮਲਿਆਂ ‘ਤੇ ਮਾਨਵੀ ਆਧਾਰ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ੁਦ ਰਾਜੋਆਣਾ ਅੱਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਦਾਇਰ ਕੀਤੀ ਗਈ ਮਰਸੀ ਪਟੀਸ਼ਨ ਦੇ ਮੂਲ ਭਾਵਨਾ ਨੂੰ ਸਵੀਕਾਰ ਨਹੀਂ ਕਰਦੇ। ਉਹ ਕਈ ਵਾਰ ਕਹਿ ਚੁੱਕੇ ਹਨ ਕਿ ਨਾ ਉਨ੍ਹਾਂ ਨੇ ਮਰਸੀ ਪਟੀਸ਼ਨ ਦਾਇਰ ਕਰਨ ਲਈ ਕਿਹਾ, ਨਾ ਫਾਂਸੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਅਤੇ ਨਾ ਹੀ ਕਦੇ ਦਇਆ ਦੀ ਅਪੀਲ ਕੀਤੀ।
ਪ੍ਰੋ. ਖਿਆਲਾ ਨੇ ਕਿਹਾ ਕਿ ਰਾਜੋਆਣਾ ਨੇ ਸ਼ੁਰੂ ਤੋਂ ਹੀ ਭਾਰਤੀ ਨਿਆਂ ਪ੍ਰਣਾਲੀ ‘ਤੇ ਅਵਿਸ਼ਵਾਸ ਪ੍ਰਗਟ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕਰਨ ਅਤੇ ਆਪਣੇ ਬਚਾਅ ਲਈ ਵਕੀਲ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਉਲਟ, ਇਸੇ ਮਾਮਲੇ ਵਿੱਚ ਸਹਿ-ਦੋਸ਼ੀ ਜਗਤਾਰ ਸਿੰਘ ਹਵਾਰਾ ਨੇ ਕਾਨੂੰਨੀ ਰਾਹ ਅਪਣਾਇਆ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ।
ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਭਾਜਪਾ ਦਾ ਸਪੱਸ਼ਟ ਮਤ ਹੈ ਕਿ ਰਾਜੋਆਣਾ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਮਨੁੱਖੀ ਪੱਖ, ਨਿਆਂ ਅਤੇ ਕਾਨੂੰਨ ਦੇ ਰਾਜ ਵਿਚਕਾਰ ਸੰਤੁਲਨ ਬਣਾਈ ਰੱਖਦਿਆਂ ਹੀ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੱਲ ਕੱਢਿਆ ਜਾਣਾ ਚਾਹੀਦਾ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










