ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 25 ਜੁਲਾਈ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਲਈ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ, ਜਿਥੋਂ ਗੁਰੂ ਸਾਹਿਬ ਨੇ ਜ਼ਬਰ ਵਿਰੁੱਧ ਖੜਨ ਤੇ ਹੱਕ ਸੱਚ ਦੀ ਪੈਰਵਾਈ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖਾਲਸਾ ਮਾਰਚ ਦਾ ਉਦੇਸ਼ ਵੀ ਨੌਜੁਆਨੀ ਅਤੇ ਸੰਗਤਾਂ ਨੂੰ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣਾ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨਾ ਕਦੇ ਕਾਮਯਾਬ ਹੋਈਆਂ ਅਤੇ ਨਾ ਹੀ ਹੋਣਗੀਆਂ। ਉਨ੍ਹਾਂ ਮਾਝੇ ਦੀ ਧਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖਿੱਤੇ ਵਿਚ ਅਨੇਕਾਂ ਸੂਰਬੀਰ ਯੋਧੇ ਪੈਦਾ ਹੋਏ, ਜਿਨ੍ਹਾਂ ਨੇ ਸਿੱਖ
ਸਿਧਾਂਤਾਂ ਲਈ ਸ਼ਹਾਦਤਾਂ ਪ੍ਰਾਪਤ ਕੀਤੀਆਂ। ਜਥੇਦਾਰ ਸਾਹਿਬ ਨੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਣ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਸਮੁੱਚੇ ਪੰਥ ਦੀ ਸਾਂਝੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਲਈ ਨਿਰੰਤਰ ਕਾਰਜਸ਼ੀਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਸਿੱਖ ਲਈ ਧਰਮ ਅਤੇ ਰਾਜਨੀਤੀ ਇਕੱਠੇ ਹਨ। ਇਹ ਸਿਧਾਂਤ ਦੁਨੀਆਂ ਦੇ ਇਤਿਹਾਸ ਵਿਚ ਨਿਵੇਕਲਾ ਹੈ, ਜਿਸ ’ਤੇ ਚੱਲਦਿਆਂ ਸਿੱਖਾਂ ਦੁਆਰਾ ਕੀਤੇ ਰਾਜ ਦੀ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸੰਗਤ ਵੱਲੋਂ ਮਿਲ ਰਿਹਾ ਸਤਿਕਾਰ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਉਨ੍ਹਾਂ ਸਿੱਖ ਕੌਮ ਨੂੰ ਗੁਰਬਾਣੀ ਅਤੇ ਸਿੱਖ ਸਿਧਾਂਤ ਨਾਲ ਜੁੜ ਕੇ ਕੌਮੀ ਹੋਂਦ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਣਾ ਵੀ ਕੀਤੀ। ਐਡਵੋਕੇਟ ਧਾਮੀ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸ਼ਕਤੀਆਂ ਦੇ ਟਾਕਰੇ ਲਈ ਸਿੱਖ ਕੌਮ ਨੂੰ ਇਕਮੁਠ ਹੋਣ ਦੀ ਵੱਡੀ ਲੋੜ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਇਸ ਖ਼ਾਲਸਾ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਆਰੰਭ ਹੋਇਆ ਇਹ ਖ਼ਾਲਸਾ ਮਾਰਚ ਝਬਾਲ, ਸੁਰਸਿੰਘ, ਭਿੱਖੀਵਿੰਡ, ਪਹੁੰਵਿੰਡ, ਅਮਰਕੋਟ, ਵਲਟੋਹਾ, ਘਰਿਆਣਾ, ਪੱਟੀ ਮੋੜ, ਚੁਸਲੇਵਾੜ, ਦਿਆਲਪੁਰਾ, ਸ਼ਾਹਬਾਜ਼ਪੁਰ, ਮਾਨੋਚਾਹਲ, ਡਾਲੇਕੇ, ਪਲਾਸੌਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ ਵਿਖੇ ਪੁੱਜਾ। ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ। ਖ਼ਾਲਸਾ ਮਾਰਚ ’ਚ ਨਿਹੰਗ ਸਿੰਘ ਦਲਾਂ ਵੱਲੋਂ ਹਾਥੀ, ਘੋੜੇ ਤੇ ਊਠਾਂ ਨਾਲ ਸ਼ਮੂਲੀਅਤ ਕਰਕੇ ਹਾਜ਼ਰੀ ਭਰੀ ਗਈ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ, ਨਿਹੰਗ ਸਿੰਘ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ ਬਠਿੰਡਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਯੂਥ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਚਰਨਜੀਤ ਸਿੰਘ, ਬਾਬਾ ਨਾਹਰ ਸਿੰਘ ਸਾਧ, ਬਾਬਾ ਪ੍ਰੇਮ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਗੁਰਬਚਨ ਸਿੰਘ, ਬਾਬਾ ਮੌਜ ਦਾਸ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਨਰਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਜਸਬੀਰ ਸਿੰਘ, ਧਰਮਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










