ਅੰਮ੍ਰਿਤਸਰ, 1 ਅਗਸਤ :
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਲਈ ਲੋੜੀਂਦੀ ਕੂਟਨੀਤਿਕ ਅਤੇ ਪ੍ਰਸ਼ਾਸਕੀ ਪਹਿਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੇ ਦਰਸ਼ਨਾਂ ਤੋਂ ਲੰਬੇ ਸਮੇਂ ਤੱਕ ਸੰਗਤਾਂ ਨੂੰ ਵਾਂਝਾ ਰੱਖਣਾ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਗੰਭੀਰ ਵਿਸ਼ਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਉਹ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਪੂਰਾ ਸਤਿਕਾਰ ਕਰਦੇ ਹਨ। ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਪਰ ਮੌਜੂਦਾ ਹਾਲਾਤਾਂ ਵਿੱਚ ਕੁਝ ਅਜਿਹੇ ਤੱਥ ਵੀ ਹਨ, ਜਿਨ੍ਹਾਂ ਦੇ ਆਧਾਰ ‘ਤੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਸੰਭਾਵਨਾ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਤੋਂ ਬਾਅਦ ਵੀ ਸਿੱਖ ਸ਼ਰਧਾਲੂਆਂ ਦੇ ਦੋ ਅਧਿਕਾਰਕ ਜਥੇ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰ ਚੁੱਕੇ ਹਨ ਅਤੇ ਤੀਜਾ ਜਥਾ ਵੀ ਰਵਾਨਗੀ ਲਈ ਤਿਆਰ ਹੈ। ਜੇਕਰ ਸਰਕਾਰੀ ਪ੍ਰਬੰਧਾਂ, ਵੀਜ਼ਾ ਪ੍ਰਕਿਰਿਆ ਅਤੇ ਸੁਰੱਖਿਆ ਜਾਂਚਾਂ ਅਧੀਨ ਇਹ ਯਾਤਰਾਵਾਂ ਸਫ਼ਲਤਾਪੂਰਵਕ ਕਰਵਾਈਆਂ ਜਾ ਰਹੀਆਂ ਹਨ, ਤਾਂ ਕਰਤਾਰਪੁਰ ਲਾਂਘੇ ਨੂੰ ਵੀ ਸਖ਼ਤ ਸੁਰੱਖਿਆ ਪ੍ਰੋਟੋਕੋਲ ਨਾਲ ਮੁੜ ਚਾਲੂ ਕਰਨ ਦੀ ਸੰਭਾਵਨਾ ‘ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਅੱਤਵਾਦ ਵਿਰੁੱਧ ਲੜਾਈ, ਸਰਹੱਦੀ ਸੁਰੱਖਿਆ ਅਤੇ ਅੰਦਰੂਨੀ ਸੁਰੱਖਿਆ ਦੇ ਮੋਰਚਿਆਂ ‘ਤੇ ਆਪਣੀ ਉੱਚ ਪੇਸ਼ੇਵਰ ਸਮਰੱਥਾ ਨੂੰ ਵਾਰ-ਵਾਰ ਸਾਬਤ ਕੀਤਾ ਹੈ। ਦੇਸ਼ ਦੀਆਂ ਏਜੰਸੀਆਂ ਆਧੁਨਿਕ ਤਕਨਾਲੋਜੀ, ਖ਼ੁਫ਼ੀਆ ਤੰਤਰ ਅਤੇ ਸਖ਼ਤ ਨਿਗਰਾਨੀ ਰਾਹੀਂ ਹਰ ਤਰ੍ਹਾਂ ਦੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਹਨ। ਇਸ ਲਈ ਇਹ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਕਰਤਾਰਪੁਰ ਲਾਂਘੇ ਦੀ ਯਾਤਰਾ ਨੂੰ ਵੀ ਸੁਰੱਖਿਅਤ ਢੰਗ ਨਾਲ ਸੰਚਾਲਿਤ ਕਰਨ ਦੀ ਸਮਰੱਥਾ ਰੱਖਦੀਆਂ ਹਨ। ਰਾਸ਼ਟਰੀ ਸੁਰੱਖਿਆ ਅਤੇ ਸਿੱਖ ਆਸਥਾ ਨੂੰ ਇੱਕ-ਦੂਜੇ ਦੇ ਪੂਰਕ ਵਜੋਂ ਦੇਖਿਆ ਜਾਣਾ ਚਾਹੀਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਕੇਵਲ ਇੱਕ ਸਰਹੱਦੀ ਰਸਤਾ ਨਹੀਂ, ਸਗੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਮਤਿ ਸੰਕਲਪ ਹੈ। ਇਹ ਲਾਂਘਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦੀ ਸਿੱਖ ਪੰਥ ਪ੍ਰਤੀ ਸੁਹਿਰਦ ਪਹੁੰਚ ਦਾ ਪ੍ਰਤੀਕ ਅਤੇ ਲਗਭਗ ਸੱਤਰ ਸਾਲਾਂ ਦੀ ਉਡੀਕ ਤੋਂ ਬਾਅਦ ਸਿੱਖ ਕੌਮ ਨੂੰ ਮਿਲਿਆ ਇੱਕ ਇਤਿਹਾਸਕ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲ 2019 ਵਿੱਚ ਭਾਜਪਾ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣਾ ਸਿੱਖ ਪੰਥ ਪ੍ਰਤੀ ਇੱਕ ਸੰਵੇਦਨਸ਼ੀਲ ਅਤੇ ਇਤਿਹਾਸਕ ਪਹਿਲ ਸੀ, ਜਿਸ ਨੇ ਦਹਾਕਿਆਂ ਤੋਂ ਚੱਲੀ ਆ ਰਹੀ ਸਿੱਖਾਂ ਦੀ ਅਰਦਾਸ ਅਤੇ ਉਮੀਦ ਨੂੰ ਸਾਕਾਰ ਕੀਤਾ। ਇਹ ਫ਼ੈਸਲਾ ਵਿਸ਼ਵ ਭਰ ਦੇ ਸਿੱਖਾਂ ਲਈ ਇੱਕ ਅਨਮੋਲ ਤੋਹਫ਼ੇ ਵਜੋਂ ਸਵੀਕਾਰਿਆ ਗਿਆ ਅਤੇ ਸ੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ’ਮਸੀਹਾ’ ਠਹਿਰਾਉਦਿਆਂ ਕੌਮੀ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਲਾਂਘੇ ਦਾ ਮੁੜ ਖੁੱਲ੍ਹਣਾ ਨਾ ਸਿਰਫ਼ ਕਰੋੜਾਂ ਸਿੱਖਾਂ ਲਈ ਡੂੰਘੀ ਆਤਮਿਕ ਖ਼ੁਸ਼ੀ ਦਾ ਕਾਰਨ ਬਣੇਗਾ, ਸਗੋਂ ਭਾਰਤ ਦੀ ਧਾਰਮਿਕ ਆਜ਼ਾਦੀ, ਸੱਭਿਆਚਾਰਕ ਵਿਰਾਸਤ ਅਤੇ ਮਨੁੱਖਤਾਵਾਦੀ ਦ੍ਰਿਸ਼ਟੀਕੋਣ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਪ੍ਰੋ. ਖਿਆਲਾ ਨੇ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਅਤੇ ਸਾਰੇ ਸੁਰੱਖਿਆ ਤੇ ਕੂਟਨੀਤਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਨ ਵੱਲ ਸਕਾਰਾਤਮਕ ਪਹਿਲ ਕਰੇਗੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










