ਬਠਿੰਡਾ, 4 ਅਗਸਤ: ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਦੀ ਸੰਗਤ ਸਿੱਖ ਧਰਮ ਦਾ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰੂ ਦੁਆਰਾ ਬਖਸ਼ੇ ਸਿਧਾਂਤ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਕੁਝ ਸਿਆਸੀ ਲੋਕ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਦੇ ਆ ਰਹੇ ਹਨ। ਹੁਣ ਜਦੋਂ ਗੁਰੂ ਦੀ ਸੰਗਤ ਵਰਗੇ ਪਾਵਨ ਸ਼ਬਦ ਨੂੰ ਵੀ ਸਿਆਸੀ ਮਕਸਦਾਂ ਲਈ ਵਰਤਣ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਇਹ ਬਹੁਤ ਗੰਭੀਰ ਤੇ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸੰਸਥਾ ਤੇ ਅਹੁਦੇ ਦੀ ਆਪਣੀ ਮਰਯਾਦਾ ਹੈ। ਸਿਆਸੀ ਲੋਕ ਆਪਣੇ ਸੰਵਿਧਾਨਕ ਫ਼ਰਜ਼ ਨਿਭਾਉਣ, ਜਦਕਿ ਪੰਥ ਦੀ ਅਗਵਾਈ ਤੇ ਪੰਥਕ ਮਾਮਲਿਆਂ ਬਾਰੇ ਫ਼ੈਸਲੇ ਕਰਨ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ, ਜੋ ਆਪਣੀ ਜ਼ਿੰਮੇਵਾਰੀ ਨਿਭਾਉਣੀ ਭਲੀਭਾਂਤ ਜਾਣਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਤ ਕਾਨੂੰਨ ਦੇ ਮਾਮਲੇ ਵਿੱਚ ਵੀ ਪੰਥ ਦਾ ਸਪੱਸ਼ਟ ਮਤ ਹੈ ਕਿ ਜਿਨ੍ਹਾਂ ਸੋਧਾਂ ਅਤੇ ਇਤਰਾਜ਼ਯੋਗ ਮਦਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਉਹ ਹਟਾਈਆਂ
ਜਾਣ। ਜਦੋਂ ਤੱਕ ਇਨ੍ਹਾਂ ਮਦਾਂ ਨੂੰ ਹਟਾਇਆ ਨਹੀਂ ਜਾਂਦਾ, ਤਦ ਤੱਕ ਅਜਿਹਾ ਕਾਨੂੰਨ ਸਿੱਖ ਕੌਮ ਲਈ ਪ੍ਰਵਾਨਯੋਗ ਨਹੀਂ ਹੋਵੇਗਾ।
ਉਨ੍ਹਾਂ ਹਾਲ ਹੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਟਿੱਪਣੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਉਹੀ ਸੋਚ ਹੈ ਜੋ ਪਹਿਲਾਂ ਵੀ ਗੁਰੂ ਘਰ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਇਤਿਹਾਸਕ ਅਸਥਾਨਾਂ ਪ੍ਰਤੀ ਪ੍ਰਗਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇ ਕੋਈ ਪੰਥਕ ਮਾਮਲਿਆਂ, ਗੁਰੂ ਘਰ ਦੀ ਮਰਯਾਦਾ ਜਾਂ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਪਰੰਪਰਾ ਅਨੁਸਾਰ ਬੋਲੇਗਾ ਵੀ, ਸੱਦੇਗਾ ਵੀ ਅਤੇ ਲੋੜ ਪੈਣ ’ਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਵੀ ਕਰੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪੂਰਨ ਸਤਿਕਾਰ ਅਤੇ ਮਰਯਾਦਾ ਕਾਇਮ ਰੱਖੇ। ਜੇਕਰ ਕਿਸੇ ਘਰ ਵਿੱਚ ਮਰਯਾਦਾ ਅਨੁਸਾਰ ਸੇਵਾ ਸੰਭਵ ਨਹੀਂ, ਤਾਂ ਪਾਵਨ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਸੁਚੱਜੇ ਢੰਗ ਨਾਲ ਸੁਪੁਰਦ ਕਰ ਦੇਣਾ ਚਾਹੀਦਾ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੂਲ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਪਰ ਅੱਜ ਕੁਝ ਲੋਕ ਇਸ ਤੇ ਵੀ ਸਵਾਲ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਗੁਰਮਤਿ ਅਤੇ ਪੰਜਾਬ ਦੀ ਧਾਰਮਿਕ-ਸੱਭਿਆਚਾਰਕ ਪਰੰਪਰਾ ਦੀ ਸਮਝ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਵਿੱਚ “ਸੰਗਤ” ਉਹ ਪਵਿੱਤਰ ਇਕੱਠ ਹੈ ਜੋ ਗੁਰੂ ਦੀ ਹਜ਼ੂਰੀ ਵਿੱਚ ਹੁੰਦਾ ਹੈ। ਇਸ ਸ਼ਬਦ ਨੂੰ ਰਾਜਨੀਤਿਕ ਜਾਂ ਆਮ ਇਕੱਠਾਂ ਲਈ ਵਰਤਣਾ ਕਦੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੌਮ ਨੂੰ ਅਜਿਹੀ ਮਾਨਸਿਕਤਾ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਫ਼ੈਸਲਿਆਂ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਜੇ ਇਹ ਅਧਿਕਾਰ ਰਾਜਨੀਤਿਕ ਸੰਸਥਾਵਾਂ ਵੱਲ ਸਿਰਕਣ ਲੱਗ ਪਏ ਤਾਂ ਇਹ ਪੰਥ ਦੀ ਸੁਤੰਤਰਤਾ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ, ਪਰ ਗੁਰਮਤਿ ਦੇ ਸਿਧਾਂਤ ਅਟੱਲ ਹਨ। ਸਾਨੂੰ ਸਾਵਧਾਨ ਰਹਿਣਾ ਹੋਵੇਗਾ ਕਿ ਪੰਥਕ ਫ਼ੈਸਲੇ ਰਾਜਨੀਤਿਕ ਹੱਥਾਂ ਵਿੱਚ ਨਾ ਚਲੇ ਜਾਣ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਕਿਸੇ ਰਾਜਨੀਤਿਕ ਮਕਸਦ ਲਈ ਨਹੀਂ, ਸਗੋਂ ਪੰਥਕ ਕਾਰਜ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਲੱਖਾਂ ਸੰਗਤ ਗੁਰੂ ਸਾਹਿਬ ਦੇ ਦਰਸ਼ਨ ਲਈ ਸ਼ਾਮਲ ਹੋ ਰਹੀ ਹੈ। ਪਰਿਵਾਰਾਂ ਤੇ ਬੱਚਿਆਂ ਦੀ ਭਾਗੀਦਾਰੀ ਇਸ ਗੱਲ ਦਾ ਸਬੂਤ ਹੈ ਕਿ ਇਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ, ਨਾ ਕਿ ਰਾਜਨੀਤਿਕ ਇਕੱਠ।
ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਰਵਾਨਾ ਹੋਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰ ਕੀਤੀਆਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨਿਭਾਈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਅੰਦਰ ਏਨਾਂ ਉਤਸ਼ਾਹ ਸੀ ਕਿ ਵਰਦੇ ਮੀਂਹ ਤੇ ਖੜ੍ਹੇ ਪਾਣੀ ਦੀ ਪ੍ਰਵਾਹ ਕੀਤੇ ਬਿਨਾਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਮੋਹਨ ਸਿੰਘ ਬੰਗੀ, ਅਵਤਾਰ ਸਿੰਘ ਵਣਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਪਿ੍ਰਤਪਾਲ ਸਿੰਘ ਪਾਲੀ, ਬਾਬਾ ਬੂਟਾ ਸਿੰਘ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ, ਅਕਾਲੀ ਆਗੂ ਡਾ ਦਲਜੀਤ ਸਿੰਘ ਗੁਰੂ, ਜਗਸੀਰ ਸਿੰਘ ਕਲਿਆਣ, ਗੁਰਚਰਨ ਸਿੰਘ, ਬਲਕਾਰ ਸਿੰਘ ਗੋਨੇਆਣਾ, ਗੁਰਿੰਦਰਜੀਤ ਸਿੰਘ ਭੁੱਚੋਂ, ਇਕਬਾਲ ਸਿੰਘ ਬਬਲੀ ਢਿੱਲੋਂ, ਬਾਬਾ ਮੇਜਰ ਸਿੰਘ ਸੋਢੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਅਵਤਾਰ ਸਿੰਘ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਯੁਵਰਾਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸੰਦੀਪ ਸਿੰਘ ਕਲੋਤਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਕਸ਼ਮੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










