ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ, ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਮਾਲੇਰਕੋਟਲਾ, 10 ਅਗਸਤ:
ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸ਼ਾਨਦਾਰ, ਸੁਚੱਜੇ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਮਾਗਮ ਦੀਆਂ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣ ਦਾ ਮਹੱਤਵਪੂਰਨ ਦਿਹਾੜਾ ਹੈ। ਇਸ ਲਈ ਸਮਾਗਮ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਸਮਾਗਮ ਸਥਾਨ ਦੀ ਸਫ਼ਾਈ, ਸਜਾਵਟ, ਪੀਣ ਵਾਲੇ ਪਾਣੀ, ਬਿਜਲੀ, ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਬੈਠਣ ਅਤੇ ਮੈਡੀਕਲ ਸਹੂਲਤਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ, ਸ਼ਹੀਦ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਨੂੰ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਲੋੜੀਂਦੇ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਬੀ.ਡੀ.ਪੀ.ਓ. ਜਸਮਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਹਰਪ੍ਰੀਤ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਵਣ ਰੇਂਜ ਅਫ਼ਸਰ ਦਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










