ਸ੍ਰੀ ਹਜ਼ੂਰ ਸਾਹਿਬ (ਨਾਂਦੇੜ): ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਪੰਥਕ ਭਲਾਈ ਅਤੇ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਅਤੇ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੀਟਿੰਗ ਵਿੱਚ ਮੌਜੂਦਾ ਸਮੇਂ ਪੰਜਾਬ ਅਤੇ ਦੇਸ਼ ਭਰ ਵਿੱਚ ਸਿੱਖ ਕੌਮ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਵੱਧ ਰਹੀ ਨਸ਼ਿਆਂ ਦੀ ਲਾਹਨਤ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ।
ਇਸ ਮੀਟਿੰਗ ਦੀ ਅਗਵਾਈ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਅਤੇ ਕਾ. ਮੀਤ ਜਥੇਦਾਰ ਸੰਤ ਬਾਬਾ ਰਾਮ ਸਿੰਘ ਜੀ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ, IAS, ਸ੍ਰੀ ਰਾਮੇਸ਼ਵਰ ਨਾਇਕ, ਸ. ਜਸਵੰਤ ਸਿੰਘ ਬੌਬੀ, ਸੁਪਰਿੰਟੈਂਡੈਂਟ ਸ. ਰਵਿੰਦਰ ਸਿੰਘ ਕਪੂਰ, ਸਹਾਇਕ ਸੁਪਰਿੰਟੈਂਡੈਂਟ ਸ. ਜੈਮਲ ਸਿੰਘ ਢਿੱਲੋਂ ਅਤੇ ਸਹਾਇਕ ਸੁਪਰਿੰਟੈਂਡੈਂਟ ਸ. ਬਲਵਿੰਦਰ ਸਿੰਘ ਫ਼ੌਜੀ, ਪ੍ਰਬੰਧਕ ਸਾਹਿਬ ਦੇ ਪੀ.ਅ.ਬਬੀਤਾ ਕੌਰ ਚਾਹਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਮੁੱਖ ਫ਼ੈਸਲੇ ਅਤੇ ਰੂਪ-ਰੇਖਾ:
ਉੱਚ-ਪੱਧਰੀ ਕਮੇਟੀ ਦਾ ਗਠਨ: ਨਸ਼ਿਆਂ ਕਾਰਨ ਕੌਮ ਅਤੇ ਸਮਾਜ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਕਾਇਮ ਕੀਤੀ ਗਈ ਹੈ, ਜੋ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚਲਾਏਗੀ।
ਦੇਸ਼ ਭਰ ਵਿੱਚ ਗੁਰਮਤਿ ਪ੍ਰਚਾਰ-ਪ੍ਰਸਾਰ: ਇਹ ਕਮੇਟੀ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ ਰਾਹੀਂ ਸੰਗਤਾਂ ਅਤੇ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ ਅਤੇ ਅੰਮ੍ਰਿਤ ਸੰਚਾਰ ਲਹਿਰ ਨੂੰ ਪ੍ਰਚੰਡ ਕਰੇਗੀ।
ਗੁਰੂ ਚਰਨਾਂ ਵਿੱਚ ਅਰਦਾਸ: ਮੁਹਿੰਮ ਦੀ ਕਾਮਯਾਬੀ ਅਤੇ ਚੜ੍ਹਦੀਕਲਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਅਤੇ ਕਮੇਟੀ ਨੂੰ ਤੁਰੰਤ ਕਾਰਜ ਆਰੰਭ ਕਰਨ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਡਾਂ. ਵਿਜੈ ਸਤਬੀਰ ਸਿੰਘ ਨੇ ਕਿਹਾ ਕਿ ਨਸ਼ਾ ਅੱਜ ਸਾਡੀ ਆਉਣ ਵਾਲੀ ਪੀੜ੍ਹੀ ਦੀ ਹੋਂਦ ਲਈ ਇੱਕ ਗੰਭੀਰ ਖ਼ਤਰਾ ਬਣ ਚੁੱਕਾ ਹੈ। ਤਖ਼ਤ ਸਾਹਿਬ ਵੱਲੋਂ ਆਰੰਭੀ ਗਈ ਇਹ ਮੁਹਿੰਮ ਸਮੁੱਚੇ ਸਮਾਜ ਨੂੰ ਨਰੋਆ, ਸਿਹਤਮੰਦ ਅਤੇ ਗੁਰਸਿੱਖੀ ਜੀਵਨ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਸਮੂਹ ਸੰਗਤਾਂ, ਧਾਰਮਿਕ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਸੁਪਰਿੰਟੈਂਡੈਂਟ
ਗੁਰਦੁਆਰਾ ਸੱਚਖੰਡ ਬੋਰਡ, ਨਾਂਦੇੜ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










