ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਭਾਜਪਾ ਦਾ ਸਿਰਫ਼ ਸਿਆਸੀ ਸਟੰਟ; ਭਾਜਪਾ ਨੂੰ ਪੰਜਾਬ ਵਿੱਚ ਆਪਣਾ ਕੋਈ ਭਵਿੱਖ ਨਜ਼ਰ ਨਹੀਂ ਆ ਰਿਹਾ: ਐਮ.ਪੀ.
ਅਯੁੱਧਿਆ ਮੰਦਰ ਟਰੱਸਟੀਆਂ ਨੂੰ ਐਸ.ਆਈ.ਟੀ. ਵੱਲੋਂ ਦਿੱਤੀ ਕਲੀਨ ਚਿੱਟ ਪਹਿਲਾਂ ਹੀ ਉਮੀਦ ਅਨੁਸਾਰ ਸੀ: ਐਮ.ਪੀ. ਕੰਗ
ਖਰੜ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਦੋ ਪੀਣ ਵਾਲੇ ਪਾਣੀ ਦੇ ਟੈਂਕਰ ਸੌਂਪੇ ਅਤੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਕੀਤਾ
ਅੰਧੇਰੀ (ਮਾਜਰੀ)/ਐਸ.ਏ.ਐਸ. ਨਗਰ, 19 ਅਗਸਤ, 2026: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ ਹੈ, ਕਿਉਂਕਿ ਪੰਜਾਬ ਦੇ ਲੋਕ ਹਮੇਸ਼ਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ।

ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਨਾਮ ’ਤੇ ਸਿਆਸਤ ਕਰਨ ਵਾਲੀ ਭਾਜਪਾ ਅਯੁੱਧਿਆ ਵਿਖੇ ਰਾਮ ਮੰਦਰ ਲਈ ਪ੍ਰਾਪਤ ਦਾਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਖ਼ਿਲਾਫ਼ ਕੋਈ ਮਿਸਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ।
ਅਯੁੱਧਿਆ ਰਾਮ ਮੰਦਰ ਟਰੱਸਟ ਦੇ ਦੋ ਟਰੱਸਟੀਆਂ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਹਿਲਾਂ ਹੀ ਉਮੀਦ ਅਨੁਸਾਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਰਾਮ ਭਗਤਾਂ ਦੀ ਆਸਥਾ ਅਤੇ ਸ਼ਰਧਾ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਜ ਨੂੰ ਫਿਰਕੂ ਆਧਾਰ ’ਤੇ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।

ਐਮ.ਪੀ. ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਇੰਚਾਰਜ ਵਾਰ-ਵਾਰ ਬਦਲੇ ਜਾਣਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਨੂੰ ਸੂਬੇ ਵਿੱਚ ਆਪਣੀ ਕੋਈ ਸਿਆਸੀ ਜ਼ਮੀਨ ਤਿਆਰ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਸਿਹਤਮੰਦ ਲੋਕਤੰਤਰਿਕ ਰਵਾਇਤਾਂ ਦਾ ਸਮਰਥਨ ਕਰਦੇ ਆਏ ਹਨ ਅਤੇ ਮੌਜੂਦਾ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।
ਉਨ੍ਹਾਂ ਕਿਹਾ ਕਿ ਲੋਕ-ਪੱਖੀ ਯੋਜਨਾਵਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਬਪੱਖੀ ਵਿਕਾਸ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਲੋਕ ਇਨ੍ਹਾਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦਾ ਮਹਿਜ਼ ਸਿਆਸੀ ਸਟੰਟ ਕਰਾਰ ਦਿੰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਅਜਿਹੀਆਂ ਗ੍ਰਿਫ਼ਤਾਰੀਆਂ ਦਾ ਨਤੀਜਾ ਸਿਆਸੀ ਬਦਲਾਖੋਰੀ ਅਤੇ ਪਰੇਸ਼ਾਨੀ ਤੋਂ ਇਲਾਵਾ ਕੁਝ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਕਾਰਵਾਈ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਤੋਂ ਭਾਜਪਾ ਦੀ ਘਬਰਾਹਟ ਦਾ ਨਤੀਜਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਲੋਕ ਇਸ ਪਾਰਟੀ ’ਤੇ ਭਰੋਸਾ ਨਹੀਂ ਕਰਨਗੇ।
ਇਸ ਦੌਰਾਨ ਐਮ.ਪੀ. ਕੰਗ ਨੇ ਆਪਣੀ ਐਮ.ਪੀ. ਲੈਡ ਸਕੀਮ ਤਹਿਤ ਅੰਧੇਰੀ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੇ ਦੋ ਟੈਂਕਰ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਭਗਤ ਮਾਜਰਾ, ਬੜੀ ਕਰੌਰਾਂ ਅਤੇ ਨਵਾਂ ਗਾਓਂ ਦੇ ਵਾਰਡ ਨੰਬਰ 7 ਵਿਖੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਦੋ ਪੀਣ ਵਾਲੇ ਪਾਣੀ ਦੇ ਟੈਂਕਰਾਂ ਅਤੇ ਤਿੰਨ ਓਪਨ ਜਿੰਮਾਂ ਲਈ ਕੁੱਲ 16.75 ਲੱਖ ਰੁਪਏ ਦੀ ਰਾਸ਼ੀ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।
ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










