ਨਵੀਂ ਦਿੱਲੀ 22 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਥੇ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮੁੱਖ ਦੋਸ਼ੀ ਰਹੇ ਸ੍ਰੀ ਸੱਜਣ ਕੁਮਾਰ ਨੂੰ ਕਾਂਗਰਸ ਪਾਰਟੀ ਵੱਲੋਂ ‘ਰੋਲ ਮਾਡਲ’ ਵਜੋਂ ਪੇਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਅਤੇ ਅਨੇਕਾਂ ਪਰਿਵਾਰਾਂ ਨੇ ਅੱਜ ਤੱਕ ਉਸ ਦਰਦ ਨੂੰ ਆਪਣੇ ਦਿਲਾਂ ਵਿੱਚ ਸੰਭਾਲਿਆ ਹੋਇਆ ਹੈ। ਅਜਿਹੇ ਮਾਮਲੇ ਦੇ ਮੁੱਖ ਦੋਸ਼ੀ ਰਹੇ ਵਿਅਕਤੀ ਨੂੰ ‘ਰੋਲ ਮਾਡਲ’ ਦੱਸਣਾ ਨਾ ਸਿਰਫ਼ ਪੀੜਤ ਪਰਿਵਾਰਾਂ ਦਾ ਅਪਮਾਨ ਹੈ, ਸਗੋਂ ਇਹ ਕਾਂਗਰਸ ਪਾਰਟੀ ਦੀ ਸੋਚ ਅਤੇ ਮਾਨਸਿਕਤਾ ਨੂੰ ਵੀ ਬੇਨਕਾਬ ਕਰਦਾ ਹੈ। ਦੋਵੇਂ ਆਗੂਆਂ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਤੋਂ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਮਾਮਲੇ ਵਿੱਚ ਸਜ਼ਾ ਹੋਈ ਅਤੇ ਉਹ 8 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਦੇ ਬਾਵਜੂਦ ਜੇਕਰ ਕਾਂਗਰਸ ਪਾਰਟੀ ਦੇ ਆਗੂ ਉਸ ਨੂੰ ਆਦਰਸ਼ ਜਾਂ ਰੋਲ ਮਾਡਲ ਵਜੋਂ ਪੇਸ਼ ਕਰਦੇ ਹਨ ਤਾਂ ਇਹ ਬਹੁਤ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਕੌਮ 1984 ਦੇ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਲੰਮੀ ਲੜਾਈ ਲੜੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸੇ ਵੀ ਸਿਆਸੀ ਪਾਰਟੀ ਨੂੰ ਇਹ ਅਧਿਕਾਰ ਨਹੀਂ ਕਿ ਉਹ 1984 ਦੇ ਕਤਲੇਆਮ ਦੇ ਪੀੜਤਾਂ ਦੇ ਦਰਦ ਅਤੇ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨਸਾਫ਼, ਸੱਚ ਅਤੇ ਇਤਿਹਾਸਕ ਜ਼ਿੰਮੇਵਾਰੀ ਦੀ ਮੰਗ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।
ਸਰਦਾਰ ਕਾਲਕਾ ਅਤੇ ਕਾਹਤੋਂ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਜੇਕਰ 1984 ਦੇ ਕਤਲੇਆਮ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਨੂੰ ਹੀ ਰੋਲ ਮਾਡਲ ਬਣਾਇਆ ਜਾਵੇਗਾ ਤਾਂ ਫਿਰ ਕਾਂਗਰਸ ਦੀ ਅਸਲ ਸੋਚ ਅਤੇ ਸਿੱਖ ਕੌਮ ਪ੍ਰਤੀ ਉਸਦੀ ਨੀਅਤ ਨੂੰ ਕਿਵੇਂ ਸਮਝਿਆ ਜਾਵੇ? ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਕੌਮ 1984 ਦੇ ਸ਼ਹੀਦਾਂ ਅਤੇ ਪੀੜਤ ਪਰਿਵਾਰਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਉਨ੍ਹਾਂ ਨਾਲ ਹੋਏ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










