ਖੇਡਾਂ ਵਤਨ ਪੰਜਾਬ ਦੀਆਂ-2026
ਮਾਲੇਰਕੋਟਲਾ ਵਿੱਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ, 20 ਸਤੰਬਰ ਤੋਂ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ
· ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ; ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਖੇਡਾਂ ਦੌਰਾਨ ਸੁਰੱਖਿਆ ਤੇ ਸੁਚੱਜੇ ਪ੍ਰਬੰਧਾਂ ਦਾ ਭਰੋਸਾ
ਮਾਲੇਰਕੋਟਲਾ, 28 ਅਗਸਤ:
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 15 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦੌਰਾਨ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ ਅਤੇ ਰੈਸਲਿੰਗ ਸਮੇਤ ਕੁੱਲ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ
ਉਨ੍ਹਾਂ ਦੱਸਿਆ ਕਿ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ। ਖਿਡਾਰੀਆਂ ਵੱਲੋਂ ਵਿਭਾਗ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਹੋਵੇਗੀ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਖੇਡਾਂ ਰਾਹੀਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ, ਖਿਡਾਰੀਆਂ, ਖੇਡ ਸੰਸਥਾਵਾਂ ਅਤੇ ਕੋਚਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਆਵਾਜਾਈ, ਸੁਰੱਖਿਆ ਅਤੇ ਅਨੁਸ਼ਾਸਨ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਖਿਡਾਰੀ ਬਿਨਾਂ ਕਿਸੇ ਚਿੰਤਾ ਦੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
ਇਸ ਵਰਚੂਅਲ ਮੀਟਿੰਗ ਚ, ਐਕਸ਼ੀਅਨ ਪੀ.ਐਸ..ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ, ਸੀ.ਡੀ.ਪੀ.ਓ ਪਵਨ ਕੁਮਾਰ, ਜ਼ਿਲਾ ਖੇਡ ਅਫਸਰ ਕੁਲਦੀਪ ਚੁੱਘ ਤੋਂ ਇਲਾਵਾ ਵੱਖ ਵੱਖ ਸਬੰਧਤ ਵਿਭਾਗਾ ਦੇ ਅਧਿਕਾਰੀ ਵੀ ਮੌਜੂਦ ਸਨ ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










