ਨਵੀਂ ਦਿੱਲੀ, 10 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਦੱਖਣੀ ਦਿੱਲੀ ਵਿਖੇ ਨਵੇਂ ਜੋੜਾ ਘਰ ਅਤੇ ਦਫਤਰ ਦਾ ਉਦਘਾਟਨ ਕੀਤਾ ਗਿਆ। ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ ਅਤੇ ਉਹਨਾਂ ਦੀ ਸੰਪਰਦਾ ਦੇ ਸੇਵਾਦਾਰਾਂ ਵੱਲੋਂ ਇਹ ਨਵਾਂ ਜੋੜਾ ਘਰ ਤੇ ਦਫਤਰ ਬਹੁਤ ਹੀ ਸੁੰਦਰ ਢੰਗ ਨਾਲ ਬਣਾਏ ਗਏ ਹਨ। ਅੱਜ ਅਰਦਾਸ ਕਰ ਕੇ ਇਹਨਾਂ ਦਾ ਉਦਘਾਟਨ ਕੀਤਾ ਗਿਆ ਜਿਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੋਂ ਇਲਾਵਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਸ ਨਵੇਂ ਜੋੜਾ ਘਰ ਦੀ ਉਸਾਰੀ ਦੇ ਨਾਲ-ਨਾਲ ਨਵੇਂ ਦਫਤਰ ਦੀ ਉਸਾਰੀ ਦਾ ਕੰਮ ਚਲ ਰਿਹਾ ਸੀ। ਉਹਨਾਂ ਦੱਸਿਆ ਕਿ ਦਫਤਰ ਵਿਚ ਕਿਤਾਬਾਂ ਦੀ ਸਹੀ ਤਰੀਕੇ ਸਾਂਭ ਸੰਭਾਲ ਸਮੇਤ ਲੋੜੀਂਦੇ ਹੋਰ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸੇ ਤਰੀਕੇ ਜੋੜਾ ਘਰ ਦੇ ਨੇੜੇ ਹੱਥ ਧੋਣ ਵਾਸਤੇ ਵਾਸ਼ਬੇਸਨ ਤੇ ਹੋਰ ਲੋੜੀਂਦੇ ਪ੍ਰਬੰਧ ਬਹੁਤ ਸੁਚੱਜੇ ਢੰਗ ਨਾਲ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਪੱਛਮੀ ਦਿੱਲੀ ਤੋਂ ਲੈ ਕੇ ਦੱਖਣੀ ਦਿੱਲੀ ਸੰਗਤਾਂ ਇਸ ਗੁਰੂ ਘਰ ਵਿਚ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸਾਡਾ ਟੀਚਾ ਗੁਰਪੁਰਬ ਤੋਂ ਪਹਿਲਾਂ-ਪਹਿਲਾਂ ਇਹ ਕੰਮ ਮੁਕੰਮਲ ਕਰਨ ਦਾ ਸੀ ਤੇ ਅਕਾਲ ਪੁਰਖ ਦੀ ਬਖਸ਼ਿਸ਼ ਸਦਕਾ ਇਹ ਮੁਕੰਮਲ ਹੋ ਗਿਆ ਹੈ ਤੇ ਹੁਣ ਪਰਸੋਂ 12 ਸਤੰਬਰ ਨੂੰ ਸੰਗਤਾਂ ਵੱਡੀ ਪੱਧਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਕੇ ਖੁਸ਼ੀਆਂ ਪ੍ਰਾਪਤ ਕਰਨਗੀਆਂ।
ਇਸ ਮੌਕੇ ਤੇ ਦਿੱਲੀ ਕਮੇਟੀ ਮੈਂਬਰ ਗੁਰਮੀਤ ਸਿੰਘ ਭਾਟੀਆ, ਕੁਲਦੀਪ ਸਿੰਘ ਸਾਹਨੀ, ਹਰਜੀਤ ਸਿੰਘ ਬੇਦੀ, ਮਨਜੀਤ ਸਿੰਘ ਆਦਿ ਮੌਜੂਦ ਰਹੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










